ਚੰਡੀਗੜ੍ਹ : ਪੰਜਾਬ ਵਿਚ ਲਗਾਤਾਰ ਪੈ ਰਹੇ ਭਾਰੀ ਮੀਂਹ ਨੇ ਸੂਬੇ ਭਰ ਵਿਚ ਹੜ੍ਹਾਂ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ। ਪੰਜਾਬ ਦੇ ਕੁੱਝ ਹਿੱਸਿਆਂ ਵਿਚ ਮੀਂਹ ਕਾਰਣ ਹਾਲਾਤ ਹੋਰ ਵੀ ਖ਼ਰਾਬ ਹੋ ਗਏ ਹਨ। ਇਸ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਮੀਂਹ ਦਰਮਿਆਨ ਲੋਕਾਂ ਦੀ ਮਦਦ ਕਰਨ ਲਈ ਘਰਾਂ ’ਚੋਂ ਬਾਹਰ ਆਉਣ ਲਈ ਆਖਿਆ ਹੈ।
ਉਨ੍ਹਾਂ ਕਿਹਾ ਹੈ ਕਿ ਜਿੱਥੇ ਵੀ ਜ਼ਿਆਦਾ ਪਾਣੀ ਭਰਿਆ ਹੈ, ਉਥੇ ਵਾਟਰ ਪੰਪ ਦਾ ਇਸਤੇਮਾਲ ਕੀਤਾ ਜਾਵੇ। ਜਿੱਥੇ ਵੀ ਕਿਸੇ ਨੂੰ ਮਦਦ ਦੀ ਜ਼ਰੂਰਤ ਹੈ, ਉਥੇ ਪਹੁੰਚ ਕੇ ਵੱਧ ਤੋਂ ਵੱਧ ਮਦਦ ਕੀਤੀ ਜਾਵੇ। ਇਥੇ ਇਹ ਵੀ ਦੱਸਣਯੋਗ ਹੈ ਕਿ ਅਗਲੇ ਦੋ ਦਿਨ ਤਕ ਸੂਬੇ ਭਰ ਵਿਚ ਭਾਰੀ ਬਾਰਿਸ਼ ਦੀ ਅਸ਼ੰਕਾ ਹੈ, ਜਿਸ ਦੇ ਚੱਲਦੇ ਮੀਂਹ ਕਾਰਣ ਵੱਧ ਪ੍ਰਭਾਵਤ ਜ਼ਿਲ੍ਹਿਆਂ ਨੂੰ ਵਿਸ਼ੇਸ਼ ਹੁਕਮ ਜਾਰੀ ਕੀਤੇ ਗਏ ਹਨ ਅਤੇ ਹਾਲਾਤ ’ਤੇ ਪੂਰੀ ਤਰ੍ਹਾਂ ਨਜ਼ਰ ਰੱਖਣ ਲਈ ਆਖਿਆ ਗਿਆ ਹੈ।