ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉੱਤਰਾਖੰਡ ਦੇ ਰਿਸ਼ੀਕੇਸ਼ ਵਿਚ ਇਕ ਸਿੱਖ ਵਪਾਰੀ ਦੀ ਫਿਰਕੂ ਸਮੂਹ ਵਲੋਂ ਕੀਤੀ ਗਈ ਕੁੱਟਮਾਰ ਅਤੇ ਉਸ ਦੀ ਦਸਤਾਰ ਤੇ ਕੇਸਾਂ ਦੀ ਬੇਅਦਬੀ ਦੀ ਘਟਨਾ ਨੂੰ ਦੇਸ਼ ਅੰਦਰ ਵੱਖ-ਵੱਖ ਧਰਮਾਂ ਦੇ ਅਧਿਕਾਰਾਂ ਤੇ ਆਜ਼ਾਦੀ ‘ਤੇ ਹਮਲਾ ਕਰਾਰ ਦਿੱਤਾ ਹੈ।

ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ ਧਰਮਾਂ, ਭਾਈਚਾਰਿਆਂ ਦੇ ਲੋਕਾਂ ਦੇ ਮਨੁੱਖੀ ਅਧਿਕਾਰਾਂ ਅਤੇ ਆਜ਼ਾਦੀ ਨੂੰ ਬਰਕਰਾਰ ਰੱਖਣਾ ਹਰੇਕ ਜਮਹੂਰੀ ਸਰਕਾਰ ਦਾ ਬੁਨਿਆਦੀ ਫਰਜ਼ ਬਣਦਾ ਹੈ। ਉਨ੍ਹਾਂ ਨੇ ਕਿਹਾ ਕਿ ਰਿਸ਼ੀਕੇਸ਼ ਵਿਚ ਇਕ ਮਾਮੂਲੀ ਤਕਰਾਰ ਨੂੰ ਲੈ ਕੇ ਭੜਕੀ ਭੀੜ ਵਲੋਂ ਇਕ ਸਿੱਖ ਵਪਾਰੀ ਦੀ ਦਸਤਾਰ ਅਤੇ ਕੇਸਾਂ ਨੂੰ ਨਿਸ਼ਾਨਾ ਬਣਾ ਕੇ ਹਮਲਾ ਕਰਨਾ ਇਸ ਦੇਸ਼ ਦੀ ਜਮਹੂਰੀਅਤ ਲਈ ਬੇਹੱਦ ਸ਼ਰਮਨਾਕ ਹੈ।

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਬੇਸ਼ੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਘਟਨਾ ਨੂੰ ਲੈ ਕੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਉੱਤਰਾਖੰਡ ਪੁਲਿਸ ਨੂੰ ਪੱਤਰ ਲਿਖ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਮੰਗ ਕੀਤੀ ਹੈ ਪਰ ਪੰਜਾਬ ਸਰਕਾਰ ਦਾ ਵੀ ਫਰਜ਼ ਬਣਦਾ ਹੈ ਕਿ ਉਹ ਵੀ ਉੱਤਰਾਖੰਡ ਸਰਕਾਰ ਕੋਲ ਪਹੁੰਚ ਕਰਕੇ ਦੋਸ਼ੀਆਂ ਖ਼ਿਲਾਫ ਸਖਤ ਕਾਨੂੰਨੀ ਕਾਰਵਾਈ ਯਕੀਨੀ ਬਣਾਵੇ ਤਾਂ ਜੋ ਦੇਸ਼ ਅੰਦਰ ਘੱਟ-ਗਿਣਤੀਆਂ ਦੀ ਸੁਰੱਖਿਆ ਅਤੇ ਆਜ਼ਾਦੀ ਨੂੰ ਬਰਕਰਾਰ ਰੱਖਿਆ ਜਾ ਸਕੇ।

By admin

Leave a Reply

Your email address will not be published. Required fields are marked *