ਕੇਂਦਰ ਸਰਕਾਰ ਨੇ SDRF ਤਹਿਤ ਵਿੱਤੀ ਸਾਲ 2025-26 ਲਈ ਪੰਜਾਬ ਨੂੰ 240 ਕਰੋੜ ਰੁਪਏ ਦੀ ਐਡਵਾਂਸ ਕਿਸ਼ਤ ਜਾਰੀ ਕਰ ਦਿੱਤੀ ਹੈ। ਸੂਬੇ ਵਿਚ ਹੜ੍ਹ ਦੇ ਹਾਲਾਤ ਨੂੰ ਦੇਖਦੇ ਹੋਏ ਕੇਂਦਰ ਨੇ ਇਹ ਰਕਮ ਜਾਰੀ ਕਰਨ ਦਾ ਫੈਸਲਾ ਕੀਤਾ ਹੈ ਨਾਲ ਹੀ ਹਿਮਾਚਲ ਪ੍ਰਦੇਸ਼ ਨੂੰ ਵੀ 198 ਕਰੋੜ ਸੂਬੇ ਦੇ ਐਡਵਾਂਸ ਕਿਸ਼ਤ ਵਜੋਂ ਜਾਰੀ ਕਰਨ ਦਾ ਐਲਾਨ ਕੀਤਾ ਗਿਆ ਹੈ।

ਦੋਵੇਂ ਸੂਬਿਆਂ ਵਿਚ ਚੱਲ ਰਹੇ ਰਾਹਤ ਕੰਮਾਂ ਵਿਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ, ਇਸ ਲਈ ਇਹ ਰਕਮ ਜਾਰੀ ਕੀਤੀ ਗਈ ਹੈ। ਕੇਂਦਰ ਨੇ ਭਾਰਤੀ ਰਿਜ਼ਰਵ ਬੈਂਕ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਉਸ ਸਮੇਂ ਰਾਸ਼ੀ ਤਤਕਾਲ ਸਬੰਧਤ ਸੂਬਾ ਸਰਕਾਰਾਂ ਦੇ ਖਾਤਿਆਂ ਵਿਚ ਜਮ੍ਹਾ ਕਰਾਏ ਤਾਂਕਿ ਆਪਦਾ ਪ੍ਰਬੰਧਨ ਤੇ ਰਾਹਤ ਕੰਮਾਂ ਵਿਚ ਇਸ ਦਾ ਇਸਤੇਮਾਲ ਸਮੇਂ ‘ਤੇ ਹੋ ਸਕੇ। ਗ੍ਰਹਿ ਮੰਤਰਾਲੇ ਦੀ ਸਿਫਾਰਿਸ਼ ‘ਤੇ ਇਹ ਧਨ ਰਾਸ਼ੀ ਜਾਰੀ ਕੀਤੀ ਗਈ ਹੈ। ਪੱਤਰ ਵਿਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਫੰਡ ਦਾ ਇਸਤੇਮਾਲ SDRF, NDRF ਦੇ ਸੰਚਾਲਨ ਸਬੰਧੀ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਹੀ ਕੀਤਾ ਜਾਵੇਗਾ ਜਿਨ੍ਹਾਂ ਨੂੰ 15ਵੇਂ ਵਿੱਤ ਕਮਿਸ਼ਨ ਦੀਆਂ ਸਿਫਾਰਸ਼ਾਂ ‘ਤੇ ਤਿਆਰ ਕੀਤਾ ਗਿਆ ਹੈ।
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਖੇਤੀਯੋਗੀ ਜ਼ਮੀਨ ਵਿਚ ਸਿਲਟ ਮੁਕਤ ਕਰਨ ਲਈ ਰਾਸ਼ਟਰੀ ਖੇਤੀਬਾੜੀ ਵਿਕਾਸ ਯੋਜਨਾ ਤਹਿਤ 151 ਕਰੋੜ ਰੁਪਏ ਦਿੱਤੇ ਜਾਣ।

ਬੀਤੇ ਦਿਨੀਂ ਨਵੀਂ ਦਿੱਲੀ ਵਿਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਅਗਵਾਈ ਵਿਚ ਆਯੋਜਿਤ ਹਾੜੀ ਦੇ ਮੌਸਮ ਦੀਆਂ ਫਸਲਾਂ ‘ਤੇ ਰਾਸ਼ਟਰੀ ਖੇਤੀਬਾੜੀ ਕਾਨਫਰੰਸ-2025 ਨੂੰ ਸੰਬੋਧਨ ਕਰਦਿਆਂ, ਖੁੱਡੀਆਂ ਨੇ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਨੇ ਵਾਹੀਯੋਗ ਜ਼ਮੀਨ ਅਤੇ ਖੜ੍ਹੀਆਂ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ।
ਦੱਸ ਦੇਈਏ ਕਿ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਪਠਾਨਕੋਟ, ਕਪੂਰਥਲਾ, ਫਾਜ਼ਿਲਕਾ ਤੇ ਫਿਰੋਜ਼ਪੁਰ ਸਭ ਤੋਂ ਵੱਧ ਹੜ੍ਹ ਤੋਂ ਪ੍ਰਭਾਵਿਤ ਹੋਏ ਹਨ। ਜਿਥੇ ਖੇਤਾਂ ਵਿਚ 5-5 ਫੁੱਟ ਤੱਕ ਰੇਤ ਜਮ੍ਹਾ ਹੋ ਗਈ ਹੈ। ਮੰਤਰੀ ਨੇ ਮੰਗ ਕੀਤੀ ਹੈ ਕਿ ਪ੍ਰਭਾਵਿਤ ਕਿਸਾਨਾਂ ਨੂੰ ਦੋ ਲੱਖ ਕੁਇੰਟਲ ਕਣਕ ਦਾ ਪ੍ਰਮਾਣਿਤ ਬੀਜ ਉਪਲਬਧ ਕਰਵਾਉਣ ਲਈ ਸੀਡ ਵਿਲੇਜ ਪ੍ਰੋਗਰਾਮ ਤਹਿਤ 80 ਕਰੋੜ ਰੁਪਏ ਜਾਰੀ ਕੀਤੇ ਜਾਣ। ਰਾਸ਼ਟਰੀ ਖਾਧ ਮਿਸ਼ਨ ਤਹਿਤ ਕਣਕ ਦੇ ਬੀਜ ਲਈ ਵੱਖ ਤੋਂ 25 ਲੱਖ ਰੁਪਏ ਜਾਰੀ ਕੀਤੇ ਤਾਂ ਕਿ ਕਿਸਾਨਾਂ ਦੀ ਮਦਦ ਹੋ ਸਕੇ।